Wednesday, 22 February 2017

ਸਾਕਾ ਨਨਕਾਣਾ ਸਾਹਿਬ - (੨੧ ਫਰਵਰੀ ੧੯੨੦)

*ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਪਿਤਾ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਨੂੰ 'ਧਰਮ ਹੇਤ ਸਾਕਾ' ਕਿਹਾ ਹੈ, ਜਿਸ ਤੋਂ ਸਾਕਾ ਸ਼ਬਦ ਸਿੱਖ ਸ਼ਬਦਾਵਲੀ ਦਾ ਅਟੁੱਟ ਹਿੱਸਾ ਬਣ ਗਿਆ। ਸਾਕੇ ਦਾ ਅਰਥ ਹੈ, ਕੋਈ ਐਸਾ ਕਰਮ ਜੋ ਇਤਿਹਾਸ ਵਿਚ ਪ੍ਰਸਿੱਧ ਰਹਿਣ ਲਾਇਕ ਹੋਵੇ। ਵਚਿੱਤਰ, ਅਨੋਖੀ, ਅਦੁੱਤੀ, ਅਜੀਬ ਘਟਨਾ ਨੂੰ ਸਾਕਾ ਕਿਹਾ ਜਾਂਦਾ ਹੈ। ਸਪੱਸ਼ਟ ਹੈ ਕਿ ਇਹ ਸ਼ਬਦ ਭਾਰੀ ਦੁਖਾਂਤਕ ਘਟਨਾ ਵਾਸਤੇ ਵਰਤਿਆ ਜਾਂਦਾ ਹੈ।*
*ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਤੋਂ ਬਾਅਦ ਪੰਜਾਬੀਆਂ ਤੇ ਖਾਸ ਕਰਕੇ ਸਿੱਖਾਂ ਨੂੰ ਇਸ ਅਰਥ ਭਾਵ ਵਾਲੇ ਸਾਕਿਆਂ ਸਨਮੁੱਖ ਹੋਣਾ ਪਿਆ। ਜਲ੍ਹਿਆਂ ਵਾਲੇ ਬਾਗ ਦਾ ਸਾਕਾ, ਨਨਕਾਣਾ ਸਾਹਿਬ ਦਾ ਸਾਕਾ, ਪੰਜਾ ਸਾਹਿਬ ਦਾ ਸਾਕਾ, ਸਾਕਾ ਗੁਰੂ ਕਾ ਬਾਗ ਆਦਿ। ਅੰਗਰੇਜ਼ੀ ਸ਼ਾਸਕਾਂ ਦੀ ਸ਼ਹਿ 'ਤੇ ਮਹੰਤਸ਼ਾਹੀ ਦੇ ਤਾਂਡਵ ਨਾਚ ਦੀ ਦਰਦਨਾਕ ਕਹਾਣੀ ਨੂੰ ਸਾਕਾ ਨਨਕਾਣਾ ਸਾਹਿਬ ਰੂਪਮਾਨ ਕਰਦਾ ਹੈ। ਇਨ੍ਹਾਂ ਸਾਕਿਆਂ ਨੂੰ ਢਾਡੀ ਬੀਰਰਸੀ ਵਾਰਾਂ ਰਾਹੀਂ ਪ੍ਰਗਟ ਕਰਨ ਲਈ 'ਸਾਕਾ ਕਾਵਿ' ਰੂਪ ਪ੍ਰਚਲਿਤ ਹੋਇਆ।*
*ਨਨਕਾਣਾ ਸਾਹਿਬ, ਨਾਨਕਿਆਣਾ ਤੋਂ ਬਣਿਆ ਹੈ, ਜਿਸ ਦਾ ਅਰਥ ਹੈ ਨਾਨਕ ਆਯਨ-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਯਨ ਭਾਵ ਘਰ। ਇਸ ਧਰਤ-ਸੁਹਾਵੀ ਦਾ ਪਹਿਲਾ ਨਾਂਅ ਰਾਇਪੁਰ ਫਿਰ ਤਲਵੰਡੀ ਰਾਇ ਭੋਇ ਤੇ ਸਦੀਵੀ ਨਾਂਅ ਨਨਕਾਣਾ ਸਾਹਿਬ ਪ੍ਰਚਲਿਤ ਹੋਇਆ। ਨਨਕਾਣਾ ਸਾਹਿਬ ਦੀ ਧਰਤੀ 'ਤੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਨੇ ਅਨੇਕਾਂ ਅਲੌਕਿਕ ਚੋਜ ਕੀਤੇ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ 'ਤੇ 1613 ਈ: ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਆਗਮਨ ਨਾਲ ਯਾਦਗਾਰੀ ਅਸਥਾਨ ਸਥਾਪਿਤ ਹੋਇਆ, ਜੋ ਸਮੇਂ ਦੇ ਬੀਤਣ ਨਾਲ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਦੇ ਨਾਂਅ ਨਾਲ ਵਿਸ਼ਵ ਪ੍ਰਸਿੱਧ ਹੋਇਆ। ਉਦਾਸੀ ਸੰਪਰਦਾ ਦੇ ਮੁਖੀ ਬਾਬਾ ਅਲਮਸਤ ਜੀ ਨੂੰ ਗੁਰਦੁਆਰਾ ਜਨਮ ਅਸਥਾਨ ਦੀ ਸੇਵਾ-ਸੰਭਾਲ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਸੌਂਪੀ ਸੀ। ਇਸ ਤਰ੍ਹਾਂ ਅਰੰਭ ਤੋਂ ਹੀ ਇਸ ਪਵਿੱਤਰ ਅਸਥਾਨ ਦਾ ਪ੍ਰਬੰਧ ਉਦਾਸੀ ਸੰਪਰਦਾ ਦੇ ਮਹੰਤ-ਪੁਜਾਰੀ ਹੀ ਕਰਦੇ ਰਹੇ। ਸਿੱਖ ਰਾਜ ਕਾਲ ਸਮੇਂ ਗੁਰਦੁਆਰਿਆਂ ਦੇ ਨਾਂਅ ਲੱਗੀਆਂ ਬੇਸ਼ੁਮਾਰ ਜਗੀਰਾਂ-ਜਾਇਦਾਦਾਂ ਨੇ ਮਹੰਤਾਂ ਨੂੰ ਆਲਸੀ-ਅਯਾਸ਼ ਤੇ ਭ੍ਰਿਸ਼ਟ-ਕੁਕਰਮੀ ਕਰ ਦਿੱਤਾ। ਸਿੱਖ ਰਾਜ ਦਾ ਸੂਰਜ ਅਸਤ ਹੋਣ ਦੀ ਦੇਰ ਸੀ ਕਿ ਮਹੰਤਾਂ-ਪੁਜਾਰੀਆਂ ਨੇ ਅੰਗਰੇਜ਼ ਭਗਤ ਬਣ ਐਸ਼ਪ੍ਰਸਤੀ ਕਰਨੀ ਸ਼ੁਰੂ ਕਰ ਦਿੱਤੀ। ਮਹੰਤ-ਪੁਜਾਰੀ ਗੁਰਦੁਆਰਿਆਂ ਦੀਆਂ ਜ਼ਮੀਨਾਂ-ਜਾਇਦਾਦਾਂ ਨੂੰ ਆਪਣੀ ਨਿੱਜੀ ਪਿਤਾਪੁਰਖੀ ਮਾਲਕੀ ਮਹਿਸੂਸ ਕਰਨ ਲੱਗੇ। ਮਹੰਤਾਂ-ਪੁਜਾਰੀਆਂ ਨੇ ਗੁਰਦੁਆਰਿਆਂ ਨੂੰ ਐਸ਼ਪ੍ਰਸਤੀ ਦੇ ਡੇਰੇ (ਅੱਡੇ) ਬਣਾ ਲਿਆ।*
*ਜਦ ਸਿੱਖਾਂ ਦੇ ਘਰ ਘੋੜਿਆਂ ਦੀਆਂ ਕਾਠੀਆਂ 'ਤੇ ਸਨ, ਤਦ ਵੀ ਗੁਰਦੁਆਰਾ ਪ੍ਰਬੰਧ ਆਮ ਕਰਕੇ ਪਿਤਾਪੁਰਖੀ ਮਹੰਤਾਂ-ਉਦਾਸੀਆਂ ਤੇ ਨਿਰਮਲਿਆਂ ਪਾਸ ਹੀ ਸੀ। ਗੁਰੂ-ਘਰ ਦਾ ਪ੍ਰਬੰਧ ਉਸ ਸਮੇਂ ਤੱਕ ਠੀਕ ਚਲਦਾ ਰਿਹਾ, ਜਦੋਂ ਤੱਕ ਸਿੱਖ ਕਦਰਾਂ-ਕੀਮਤਾਂ ਅਨੁਸਾਰ ਜੀਵਨ ਬਸਰ ਕਰਦੇ ਰਹੇ। ਪਰ ਜਦ ਵੀ ਮਹੰਤਾਂ-ਪੁਜਾਰੀਆਂ, ਧਰਮੀ ਸਦਵਾਉਣ ਵਾਲਿਆਂ ਦਾ ਜੀਵਨ 'ਕਰਤੂਤਿ ਪਸੂ ਕੀ ਮਾਨਸ ਜਾਤਿ' ਵਾਲਾ ਹੋ ਜਾਵੇਗਾ ਤਾਂ ਗਿਰਾਵਟ ਆਉਣੀ ਨਿਸਚਿਤ ਹੈ। ਨਨਕਾਣਾ ਸਾਹਿਬ ਦੇ ਮਹੰਤ ਨਰੈਣ ਦਾਸ ਦਾ ਸ਼ਰਾਬ ਪੀ ਕੇ ਆਈ ਸੰਗਤ ਦੀ ਬੇਇੱਜ਼ਤੀ ਕਰਨਾ, ਬੀਬੀਆਂ ਦੀ ਅਜ਼ਮਤ ਨੂੰ ਹੱਥ ਪਾਉਣਾ ਨਿੱਤ ਦਾ ਕਰਮ ਬਣ ਗਿਆ ਸੀ। ਮਹੰਤਾਂ ਦੇ ਕੁਕਰਮਾਂ-ਦੁਰਾਚਾਰਾਂ ਦੇ ਦਾਗ਼ ਨੂੰ ਧੋਣ ਵਾਸਤੇ ਪਵਿੱਤਰ ਖੂਨ ਦੀ ਜ਼ਰੂਰਤ ਸੀ, ਜਿਸ ਨੂੰ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੇ ਪੂਰਾ ਕੀਤਾ। ਇਸ ਸਮੇਂ ਸਿੱਖ ਸਮਾਜ ਵਿਚ ਸਿੱਖ ਜਾਗ੍ਰਤੀ ਵਜੋਂ ਸਿੰਘ ਸਭਾ ਲਹਿਰ ਚੱਲ ਰਹੀ ਸੀ। ਚੇਤੰਨ ਗੁਰਸਿੱਖਾਂ ਨੇ ਗੁਰਦੁਆਰਾ ਪ੍ਰਬੰਧ ਨੂੰ ਪਰਿਵਾਰਕ ਪ੍ਰਬੰਧ ਤੋਂ ਪੰਥਕ ਪ੍ਰਬੰਧ 'ਚ ਲਿਆਉਣ ਲਈ ਕਮਰਕੱਸੇ ਕਰ ਲਏ। ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਨੂੰ ਮਹੰਤਾਂ ਦੇ ਪ੍ਰਬੰਧ ਤੋਂ ਆਜ਼ਾਦ ਕਰਾਉਣ ਲਈ ਗੁਰਸਿੱਖ ਮਰਜ਼ੀਵੜਿਆਂ ਦਾ ਸ਼ਾਂਤਮਈ ਜਥਾ ਫਰਵਰੀ, 1920 ਨੂੰ ਦਰਸ਼ਨੀ ਡਿਉੜੀ ਰਸਤੇ ਅੰਦਰ ਦਾਖ਼ਲ ਹੋਇਆ, ਜਿੱਥੇ ਇਨ੍ਹਾਂ ਨਾਨਕ ਨਾਮ ਲੇਵਾ ਗੁਰਸਿੱਖਾਂ ਦਾ 'ਸੁਆਗਤ' ਮਹੰਤ, ਉਸ ਦੇ ਗੁੰਡਿਆਂ, ਬਦਮਾਸ਼ਾਂ ਨੇ ਗੋਲੀਆਂ, ਡਾਂਗਾਂ, ਬਰਛੀਆਂ, ਤਲਵਾਰਾਂ ਆਦਿ ਮਾਰੂ ਹਥਿਆਰਾਂ ਨਾਲ ਕੀਤਾ, ਗੁਰੂ-ਘਰ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਖ਼ਾਤਰ ਗੁਰੂ ਕੇ ਲਾਲ ਸ਼ਾਂਤਮਈ ਰਹਿ ਕੇ ਸ਼ਹਾਦਤਾਂ ਪ੍ਰਾਪਤ ਕਰ ਗਏ।*
*ਸਾਕਾ ਨਨਕਾਣਾ ਸਾਹਿਬ ਵਾਪਰਨ ਸਮੇਂ ਕੁਝ ਭੱਟੀ ਮੁਸਲਾਮਾਨਾਂ, ਬਾਬਾ ਕਰਤਾਰ ਸਿੰਘ (ਬੇਦੀ), ਮੰਗਲ ਸਿੰਘ ਕੂਕਾ ਆਦਿ ਨੇ ਵੀ ਕੁਕਰਮੀ ਮਹੰਤਾਂ ਦਾ ਸਾਥ ਦਿੱਤਾ। ਮਹੰਤ ਨਰੈਣ ਦਾਸ ਤੇ ਮਿਸਟਰ ਕਰੀ ਡੀ.ਸੀ. ਅਤੇ ਮਿਸਟਰ ਕਿੰਗ ਕਮਿਸ਼ਨਰ ਲਾਹੌਰ ਡਵੀਜ਼ਨ ਦੀ ਸ਼ਹਿ 'ਤੇ ਨਨਕਾਣਾ ਸਾਹਿਬ ਦੀ ਪਵਿੱਤਰ ਧਰਤੀ ਖੂਨ ਨਾਲ ਲਾਲ ਹੋ ਗਈ। ਬਾਬਾ ਕਰਤਾਰ ਸਿੰਘ (ਬੇਦੀ) ਨੂੰ ਕੁਝ ਸਮੇਂ ਬਾਅਦ ਪੰਥ ਨਾਲ ਕੀਤੀ ਗ਼ਦਾਰੀ ਦਾ ਅਹਿਸਾਸ ਹੋਇਆ ਤਾਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਇਆ, ਜਿਸ 'ਤੇ ਉਸ ਨੂੰ ਹੁਣ ਤੱਕ ਦੀ ਸਭ ਤੋਂ ਸਖ਼ਤ ਤਨਖਾਹ ਲਾਈ ਗਈ।*
      *ਇਹ ਦੁਖਾਂਤਕ ਸਾਕਾ ਗੁਰੂ ਨਾਨਕ ਦੇ ਘਰ ਨੂੰ ਕਪਟੀ ਮਹੰਤਾਂ ਤੋਂ ਆਜ਼ਾਦ ਕਰਵਾਉਣ ਗਏ ਗੁਰਸਿੱਖਾਂ ਨਾਲ ਵਾਪਰਿਆ, ਇਸ ਤੋਂ ਵੱਧ ਦਰਦਨਾਕ ਘਟਨਾ ਕੀ ਹੋ ਸਕਦੀ ਹੈ। ਹਰ ਸਿੱਖ ਵਾਸਤੇ ਨਨਕਾਣਾ ਸਾਹਿਬ ਪਵਿੱਤਰ ਧਰਤੀ ਹੈ। ਇਥੋਂ ਦਾ ਮਹੰਤ ਨਰੈਣ ਦਾਸ ਸਭ ਤੋਂ ਵੱਡਾ ਗੁਰੂ-ਘਰ ਦਾ ਦੋਖੀ ਸਾਬਤ ਹੋਇਆ। ਇਹ ਕੁਕਰਮੀ ਬਣ ਚੁੱਕਾ ਸੀ। ਧਰਮ-ਕਰਮ ਇਸ ਵਿਚੋਂ ਗਾਇਬ ਹੋ ਚੁੱਕਾ ਸੀ। ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਨੂੰ ਅਜਿਹੇ ਹੀ ਕਪਟੀ ਮਹੰਤਾਂ ਤੋਂ ਆਜ਼ਾਦ ਕਰਵਾ ਕੇ ਸੰਗਤੀ ਪ੍ਰਬੰਧ 'ਚ ਲਿਆਉਣ ਲਈ ਗੁਰਸਿੱਖਾਂ ਨੇ ਗੁਰਦੁਆਰਾ ਸੁਧਾਰ ਲਹਿਰ ਅਰੰਭ ਕੀਤੀ, ਜਿਸ ਤਹਿਤ ਸਭ ਤੋਂ ਪਹਿਲਾਂ ਗੁਰਦਆਰਾ ਬਾਬੇ ਦੀ ਬੇਰ ਸਿਆਲਕੋਟ ਅਕਤੂਬਰ, 1920 ਨੂੰ ਪੰਥਕ ਪ੍ਰਬੰਧ 'ਚ ਲਿਆ ਗਿਆ। ਫਿਰ ਅਕਤੂਬਰ, 1920 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਪ੍ਰਬੰਧ ਪੰਥਕ ਹੱਥਾਂ 'ਚ ਆਇਆ।*
    *ਸ਼ਾਂਤਮਈ ਸਿੱਖ ਸੇਵਕਾਂ ਦੇ ਖੂਨ ਨਾਲ ਮਹੰਤ ਨਰੈਣ ਦਾਸ ਤੇ ਉਸ ਦੇ ਗੁੰਡਿਆਂ ਨੇ ਗੁਰਦੁਆਰਾ ਜਨਮ ਅਸਥਾਨ ਨੂੰ ਲਥਪਥ ਕਰ ਦਿੱਤਾ। ਇਹ ਗੁਰਦੁਆਰਾ ਸਾਹਿਬਾਨ ਦੀ ਸੁਤੰਤਰਤਾ, ਆਜ਼ਾਦੀ ਲਈ ਕੀਤਾ ਗਿਆ ਸੱਤਿਆਗ੍ਰਹਿ ਸੀ। ਜਬਰ-ਜ਼ੁਲਮ ਤੇ ਅੱਤਿਆਚਾਰ ਦੇ ਵਿਰੁੱਧ ਸਤਿ-ਸੰਤੋਖ, ਸਬਰ ਦੇ ਧਾਰਨੀ ਹੋ ਸ਼ਾਂਤਮਈ ਰਹਿ ਕੇ ਕੀਤਾ ਗਿਆ ਵਿਦਰੋਹ, ਰੋਸ ਤੇ ਰੋਹ ਸੀ।*
     *ਮਹੰਤ ਨਰੈਣ ਦਾਸ ਦੇ ਬਦਮਾਸ਼ਾਂ ਦੇ ਜਬਰ-ਜ਼ੁਲਮ ਦੀ ਇੰਤਹਾ-ਚਰਮ ਸੀਮਾ ਦੇਖੋ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ 'ਤੇ ਬੈਠਾ ਗ੍ਰੰਥੀ ਸਿੰਘ ਵੀ ਸ਼ਹੀਦ ਹੋ ਗਿਆ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੇ ਪਾਵਨ ਸਰੂਪ 'ਚ ਵੀ ਗੋਲੀਆਂ ਲੱਗੀਆਂ, ਜਿਸ ਨੂੰ 'ਸ਼ਹੀਦੀ ਬੀੜ' ਕਿਹਾ ਜਾਂਦਾ ਹੈ। ਨਨਕਾਣਾ ਸਾਹਿਬ ਦੇ ਸਾਕੇ ਸਮੇਂ ਗੁਰਸਿੱਖਾਂ ਦੇ ਸਤਿ-ਸਿਦਕ, ਸਬਰ ਦੀ ਪਰਖ ਹੋਈ। ਗੁਰੂ ਕੇ ਲਾਲਾਂ ਨੇ 'ਇਤੁ ਮਾਰਗਿ ਪੈਰੁ ਧਰੀਜੈ॥ ਸਿਰੁ ਦੀਜੈ ਕਾਣਿ ਨ ਕੀਜੈ॥' ਦੇ ਮਹਾਂਵਾਕ ਨੂੰ ਪ੍ਰਤੱਖ ਕਰ ਦਿਖਾਇਆ। ਇਹ ਸ਼ਹੀਦਾਂ ਦੇ ਪਵਿੱਤਰ ਖੂਨ ਸਦਕਾ ਹੀ ਅੰਗਰੇਜ਼ ਰਾਜ ਕਾਲ ਸਮੇਂ ਸੁਤੰਤਰ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਹੋਂਦ 'ਚ ਆਈ, ਜਿਸ ਨੂੰ ਸਿੱਖ ਪਾਰਲੀਮੈਂਟ ਹੋਣ ਦਾ ਮਾਣ-ਸਤਿਕਾਰ ਹਾਸਲ ਹੈ। ਇਸ ਦੁਖਾਂਤਕ ਸਾਕੇ ਨੂੰ ਸ਼ਬਦੀ ਰੂਪ ਨਹੀਂ ਦਿੱਤਾ ਜਾ ਸਕਦਾ। ਅੰਮ੍ਰਿਤ ਵੇਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ 'ਤੇ ਦਰਸ਼ਨ-ਦੀਦਾਰ ਕਰ ਰਹੇ ਸ਼ਾਂਤਮਈ ਗੁਰਸਿੱਖਾਂ 'ਤੇ ਜਦੋਂ ਮਹੰਤ ਤੇ ਉਸ ਦੇ ਗੁੰਡਿਆਂ ਨੇ ਗੋਲੀਆਂ ਦਾ ਮੀਂਹ ਵਰਸਾਇਆ ਹੋਵੇਗਾ, ਕਿੰਨੀ ਕਰੁਣਾਮਈ-ਦੁਖਦਾਈ ਘੜੀ ਹੋਵੇਗੀ, ਕੇਵਲ ਕਲਪਨਾ ਹੀ ਕੀਤੀ ਜਾ ਸਕਦੀ ਹੈ। ਗੁਰੂ ਨਾਨਕ ਨਾਮ ਲੇਵਾ ਗੁਰਸਿੱਖਾਂ ਨੇ ਆਪਣੇ ਪਾਕ-ਪਵਿੱਤਰ ਖੂਨ ਨਾਲ ਮਹੰਤਾਂ ਦੇ ਪਾਪਾਂ ਨਾਲ ਗੰਧਲੀ ਹੋਈ ਧਰਤੀ ਨੂੰ ਧੋ ਕੇ ਪਵਿੱਤਰ ਕਰ ਦਿੱਤਾ। ਕੋਮਲ-ਦਿਲ ਕਵੀ ਚਰਨ ਸਿੰਘ ਸਫ਼ਰੀ ਦੇ ਬੋਲ ਹਨ :*
*ਸੜਦੇ ਜੰਡ ਨੇ ਪੁੱਛਿਆ ਭੱਠ ਕੋਲੋਂ-ਸੜਨ ਵਾਲਾ ਕੀ ਸੜ ਕੇ ਮਰ ਗਿਆ ਏ?*
*ਭਖਦੇ ਭੱਠ ਨੇ ਅੱਗੋਂ ਜੁਆਬ ਦਿੱਤਾ-ਉਹ ਤਾਂ ਮੈਨੂੰ ਵੀ ਠੰਢਿਆਂ ਕਰ ਗਿਆ ਏ...*
    *ਕਿੰਨੇ ਸਬਰ, ਸਹਿਜ, ਸੀਤਲਤਾ ਦੇ ਧਾਰਨੀ ਹੋਣਗੇ ਗੁਰੂ-ਘਰ ਦੇ ਪਰਵਾਨੇ-ਗੁਰਸਿੱਖ, ਜਿਨ੍ਹਾਂ ਨੂੰ ਜ਼ਿੰਦਾ ਜੰਡ ਨਾਲ ਬੰਨ੍ਹ, ਭੱਠ ਵਿਚ ਸੁੱਟ ਸਾੜਿਆ ਗਿਆ, ਪਰ ਕਿਸੇ ਨੇ ਸੀ ਨਹੀਂ ਉਚਾਰੀ।*
     *ਗੁਰਦੁਆਰਾ ਜਨਮ ਅਸਥਾਨ ਦੇ ਨਜ਼ਦੀਕ ਸਥਿਤ ਸ਼ਹੀਦੀ ਖੂਹ ਤੇ ਜੰਡ ਦਾ ਦਰੱਖਤ ਸ਼ਹੀਦਾਂ ਦੀ ਸ਼ਹੀਦੀ ਦਾਸਤਾਨ ਬਿਆਨ ਕਰਦਾ ਹੈ। ਜੰਡ ਦੇ ਦਰੱਖਤ ਦੀ ਸਾਂਭ-ਸੰਭਾਲ ਹੋਣੀ ਜ਼ਰੂਰੀ ਹੈ। ਅਪ੍ਰੈਲ, 1921 'ਚ ਮਹੰਤ ਨਰੈਣ ਦਾਸ ਤੇ ਉਸ ਦੇ ਚਾਟੜਿਆਂ 'ਤੇ ਮੁਕੱਦਮਾ ਚੱਲਣਾ ਸ਼ੁਰੂ ਹੋਇਆ। 12 ਅਕਤੂਬਰ, 1921 ਨੂੰ ਮਹੰਤ ਨਰੈਣ ਦਾਸ ਤੇ ਉਸ ਦੇ 7 ਸਾਥੀਆਂ ਨੂੰ ਮੌਤ ਦੀ ਸਜ਼ਾ, 8 ਸਾਥੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ, ਪਰ ਹਾਈ ਕੋਰਟ ਨੇ ਮਹੰਤ ਦੀ ਮੌਤ ਦੀ ਸਜ਼ਾ ਉਮਰ ਕੈਦ 'ਚ ਤਬਦੀਲ ਕਰ ਦਿੱਤੀ। ਪਰ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਜੀ ਦੀ ਇਤਿਹਾਸਕ ਇਮਾਰਤ, ਵਿਸ਼ਾਲ ਦਰਸ਼ਨੀ ਡਿਉੜੀ ਤੇ ਖੁੱਲ੍ਹਾ ਵਿਹੜਾ ਸਮੇਂ-ਸਥਾਨ ਤੋਂ ਸੁਤੰਤਰ ਸ੍ਰੀ ਗੁਰੂ ਨਾਨਕ ਸਾਹਿਬ ਦੀ ਵਿਚਾਰਧਾਰਾ ਨੂੰ ਅੱਜ ਵੀ ਰੂਪਮਾਨ ਕਰਦੇ ਹਨ। ਇਹ ਸਾਕੇ ਸਿੱਖੀ-ਸਿਦਕ, ਸਬਰ, ਸਾਹਸ ਤੇ ਸ਼ਹਾਦਤ ਨੂੰ ਪ੍ਰਤੱਖ ਤੌਰ 'ਤੇ ਰੂਪਮਾਨ ਕਰਦੇ ਹਨ। ਲੋੜ ਹੈ ਇਨ੍ਹਾਂ ਤੋਂ ਪ੍ਰੇਰਨਾ ਲੈ ਸਿੱਖ ਜੀਵਨ ਜਾਚ 'ਚ ਸਤਿ-ਸੰਤੋਖ ਦੇ ਧਾਰਨੀ ਹੋ ਸਮੇਂ ਦੇ ਹਾਣੀ ਹੋਣ ਦੀ!*
     *ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ 'ਚ ਸਥਾਪਿਤ ਕੀਤਾ ਅਤੇ ਸ਼ਹੀਦੀ ਜੀਵਨ ਪੁਸਤਕ ਉਚੇਚੇ ਤੌਰ 'ਤੇ ਲਿਖਵਾਈ, ਜਿਸ ਵਿਚ 86 ਸ਼ਹੀਦਾਂ ਦਾ ਜੀਵਨ ਵਰਣਨ ਕੀਤਾ ਗਿਆ।*
    *ਦੇਸ਼ ਦੀ ਵੰਡ ਸਮੇਂ ਤੱਕ ਗੁਰਦੁਆਰਾ ਨਨਕਾਣਾ ਸਾਹਿਬ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਰਦੀ ਰਹੀ, ਪਰ ਦੇਸ਼ ਦੇ ਬਟਵਾਰੇ ਨਾਲ ਜਿੱਥੇ ਸਿੱਖਾਂ ਦਾ ਬੇਸ਼ੁਮਾਰ ਜਾਨੀ ਤੇ ਮਾਲੀ ਨੁਕਸਾਨ ਹੋਇਆ, ਉਸ ਦੇ ਨਾਲ ਜਿੰਦ-ਜਾਨ ਤੋਂ ਪਿਆਰੇ ਗੁਰਦੁਆਰੇ-ਗੁਰਧਾਮਾਂ ਤੋਂ ਵੀ ਸਿੱਖ ਵਿਛੜ ਗਏ। ਵਿਛੋੜੇ ਦੇ ਨਾਸੂਰ ਨੂੰ ਭਰਨ ਵਾਸਤੇ ਹਰ ਸਿੱਖ ਸਵੇਰੇ-ਸ਼ਾਮ ਇਨ੍ਹਾਂ ਗੁਰਦੁਆਰਿਆਂ-ਗੁਰਧਾਮਾਂ ਦੇ ਦਰਸ਼ਨ-ਦੀਦਾਰ ਲਈ ਅਰਜੋਈ-ਜੋਦੜੀ ਕਰਦਾ ਹੈ।*
*ਜਿਸ ਧਰਤ ਸੁਹਾਵੀ ਤੋਂ 'ਨਾਨਕ ਨਿਰਮਲ ਪੰਥ' ਦਾ ਆਗਾਜ਼ ਹੋਇਆ, ਉਸ ਧਰਤੀ ਦੇ ਜ਼ਰੇ-ਜ਼ਰੇ ਨਾਲ ਹਰ ਨਾਨਕ ਨਾਮ ਲੇਵਾ ਦੀ ਮੁਹੱਬਤ ਹੋਣੀ ਲਾਜ਼ਮੀ ਹੈ। ਜਿਸ ਧਰਤੀ ਤੋਂ ਚੱਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ 'ਸਚੁ ਸੁਣਾਇਸੀ ਸਚ ਕੀ ਬੇਲਾ' ਦਾ ਸੰਦੇਸ਼ ਸਮੁੱਚੀ ਮਾਨਵਤਾ ਨੂੰ ਦਿੱਤਾ। ਗੁਰੂ ਨਾਨਕ ਸਾਹਿਬ ਨੇ ਜਬਰ-ਜ਼ੁਲਮ ਦੇ ਵਿਰੁੱਧ ਬੁਲੰਦ-ਆਵਾਜ਼ ਸਮੇਂ ਦੇ ਬਾਦਸ਼ਾਹ ਬਾਬਰ ਨੂੰ ਜਾਬਰ ਕਹਿ ਸਮੇਂ-ਸਥਾਨ ਤੇ ਪ੍ਰਸਥਿਤੀਆਂ ਤੋਂ ਪ੍ਰਭਾਵਿਤ ਨਾ ਹੁੰਦਿਆਂ ਹੋਇਆਂ ਸਮੇਂ ਸਿਰ ਸੱਚ ਦੇ ਸਿਧਾਂਤ ਲਿਖੇ, ਸੱਚ ਦੇ ਸੋਹਲੇ ਗਾਏ-ਸੱਚ ਨੂੰ ਜੀਵਨ 'ਚ ਜੀਅ ਕੇ ਦਰਸਾਇਆ। ਪਰ ਅੱਜ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿੱਖ ਸਦਵਾਉਣ ਵਾਲੇ ਹੀ ਬਹੁਤੇ ਸਮੇਂ ਸਿਰ ਸੱਚ ਤਾਂ ਕੀ ਬੋਲਣਾ, ਸਗੋਂ ਸੱਚ ਬੋਲਣ ਤੋਂ ਹੀ ਕੰਨੀ ਕਤਰਾਉਂਦੇ ਹਾਂ।*

No comments:

Post a Comment